ਦ ਪੰਜਾਬ ਰਿਪੋਰਟ ਜਲੰਧਰ :- ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਸਰਕਾਰ ’ਤੇ ਜਲੰਧਰ ਪਾਰਲੀਮਾਨੀ ਹਲਕੇ ਦੀ ਜ਼ਿਮਨੀ ਚੋਣ ਵਿਚ ਵੋਟਰਾਂ ਨੂੰ ਪ੍ਰਭਾਵਤ ਕਰਨ ਵਾਸਤੇ ਫੁੱਲ ਪੇਜ ਇਸ਼ਤਿਹਾਰ ਜਾਰੀ ਕਰਕੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦਾ ਦੋਸ਼ ਲਾਇਆ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਮੁੱਖ ਚੋਣ ਕਮਿਸ਼ਨਰ ਅਤੇ ਪੰਜਾਬ ਦੇ ਮੁੱਖ ਚੋਣ ਅਫਸਰ ਨੂੰ ਪੱਤਰ ਲਿਖ ਕੇ ਉਹਨਾਂ ਨੂੰ ਦੱਸਿਆ ਕਿ ਜਿਸ ਤਰੀਕੇ ਆਪ ਸਰਕਾਰ ਵੱਲੋਂ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਜਾ ਰਹੀ ਹੈ। ਉਹਨਾਂ ਕਮਿਸ਼ਨ ਨੂੰ ਬੇਨਤੀ ਕੀਤੀ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਝਾੜ ਪਾਈ ਜਾਵੇ ਅਤੇ ਲੱਗੇ ਇਸ਼ਤਿਹਾਰ ’ਤੇ ਖਰਚ ਹੋਏ ਜਨਤਕ ਪੈਸੇ ਆਮ ਆਦਮੀ ਪਾਰਟੀ ਕੋਲੋਂ ਵਸੂਲੇ ਜਾਣ। ਅਕਾਲੀ ਆਗੂ ਨੇ ਇਹ ਵੀ ਮੰਗ ਕੀਤੀ ਕਿ ਜਿਹੜੇ ਅਫਸਰਾਂ ਨੇ ਉਕਤ ਇਸ਼ਤਿਹਾਰ ਜਾਰੀ ਕਰ ਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ, ਇਹਨਾਂ ਅਫਸਰਾਂ ਨੂੰ ਵੀ ਸਖ਼ਤ ਹਦਾਇਤਾਂ ਦਿੱਤੀਆਂ ਜਾਣ ਕਿ ਜਲੰਧਰ ਚੋਣ ਪ੍ਰਕਿਰਿਆ ਪੂਰੀ ਹੋਣ ਤੱਕ ਉਹ ਹੋਰ ਕੋਈ ਵੀ ਇਸ਼ਤਿਹਾਰ ਜਾਰੀ ਨਾ ਕਰਨ।
ਡਾ. ਚੀਮਾ ਨੇ ਇਹ ਵੀ ਦੱਸਿਆ ਕਿ ਆਪ ਸਰਕਾਰ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਵਿਚ ਪੇਡ ਨਿਊਜ਼ ਲਗਵਾ ਕੇ ਜਲੰਧਰ ਵਿਚ ਚੋਣ ਪ੍ਰਕਿਰਿਆ ਨੂੰ ਪ੍ਰਭਾਵਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਤੇ ਪਾਰਟੀ ਨੇ ਪੇਡ ਨਿਊਜ਼ ਦੀ ਨਿਗਰਾਨੀ ਲਈ ਵਿਸ਼ੇਸ਼ ਕਮੇਟੀ ਬਣਾਉਣ ਦੀ ਵੀ ਮੰਗ ਕੀਤੀ। ਉਹਨਾਂ ਕਿਹਾ ਕਿ ਅਕਾਲੀ ਦਲ ਆਪਣੇ ਲੀਗਲ ਸੈਲ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਦੀ ਅਗਵਾਈ ਹੇਠ ਕਮੇਟੀ ਬਣਾਏਗਾ ਜੋ ਪੇਡ ਨਿਊਜ਼ ’ਤੇ ਨਿਗਰਾਨੀ ਰੱਖੇਗੀ।